Pharmacy Paper Controversy: ਪੰਜਾਬ ਵਿੱਚ ਭਰਤੀ ਪ੍ਰੀਖਿਆਵਾਂ ਨੂੰ ਲੈ ਕੇ ਇੱਕ ਵੱਡਾ ਖੁਲਾਸਾ ਸਾਹਮਣੇ ਆਇਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਪੁਲਿਸ ਨੇ ਹਰਿਆਣਾ ਦੇ ਭਿਵਾਨੀ ਨਾਲ ਜੁੜੇ ਇੱਕ ਅੰਤਰਰਾਜੀ ਨਕਲ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੇ ਮੁਤਾਬਕ, ਇਹ ਗਿਰੋਹ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਦੀ ਫਾਰਮੇਸੀ ਭਰਤੀ ਪ੍ਰੀਖਿਆ ਵਿੱਚ ਹਾਈ-ਟੈਕ ਤਰੀਕਿਆਂ ਨਾਲ ਨਕਲ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਪ੍ਰੈੱਸ ਕਾਨਫਰੰਸ ਦੌਰਾਨ ਹਰਜੋਤ ਬੈਂਸ ਨੇ ਕਿਹਾ ਕਿ ਇਸ ਕਾਰਵਾਈ ਨਾਲ ਪੰਜਾਬ ‘ਤੇ ਲੱਗੇ ਪੇਪਰ ਲੀਕ ਦੇ ਦੋਸ਼ ਬੇਬੁਨਿਆਦ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਰਤੀ ਅਤੇ ਸਿੱਖਿਆ ਪ੍ਰਣਾਲੀ ਮੈਰਿਟ ਅਤੇ ਪਾਰਦਰਸ਼ਤਾ ਦੇ ਆਧਾਰ ‘ਤੇ ਚੱਲਦੀ ਹੈ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਗਿਰੋਹ ਨਕਲ ਕਰਵਾਉਣ ਲਈ ਮਾਈਕ੍ਰੋ-ਚਿੱਪ ਡਿਵਾਈਸਾਂ, ਸੋਧੇ ਹੋਏ K33 ਮੋਬਾਈਲ ਫੋਨ ਅਤੇ ਲੁਕਵੇਂ ਸੰਚਾਰ ਉਪਕਰਣਾਂ ਦੀ ਵਰਤੋਂ ਕਰਦਾ ਸੀ। ਉਨ੍ਹਾਂ ਦਾ ਦਾਅਵਾ ਹੈ ਕਿ ਇਹ ਨੈੱਟਵਰਕ ਕਾਫ਼ੀ ਸਮੇਂ ਤੋਂ ਹਰਿਆਣਾ ਵਿੱਚ ਸਰਗਰਮ ਸੀ ਅਤੇ ਹੁਣ ਪੰਜਾਬ ਵਿੱਚ ਵੀ ਆਪਣੀਆਂ ਗਤੀਵਿਧੀਆਂ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਹਰਜੋਤ ਬੈਂਸ ਨੇ ਹਰਿਆਣਾ ਸਰਕਾਰ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਉੱਥੇ ਅਜਿਹੇ ਨਕਲ ਗਿਰੋਹਾਂ ਖ਼ਿਲਾਫ਼ ਸਮੇਂ ਸਿਰ ਸਖ਼ਤ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਨੂੰ ਵੀ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵੇਗੀ ਅਤੇ ਪ੍ਰੀਖਿਆਵਾਂ ਵਿੱਚ ਪਾਰਦਰਸ਼ਤਾ ਬਣਾਈ ਰੱਖਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ।
Canada News : ਕੈਨੇਡਾ ਜਾਣ ਵਾਲਿਆਂ ਲਈ ਐਤਵਾਰ ਤੋਂ ਸੈਂਕੜੇ ਫਲਾਈਟਾਂ ਹੋ ਜਾਣਗੀਆਂ ਰੱਦ?
ਇਸ ਮੌਕੇ ਸਿੱਖਿਆ ਮੰਤਰੀ ਨੇ ਪੰਜਾਬ ਦੀਆਂ ਸਿੱਖਿਆ ਖੇਤਰ ਵਿੱਚ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ 2026 ਵਿੱਚ 361 ਵਿਦਿਆਰਥੀਆਂ ਨੇ JEE Main ਅਤੇ 64 ਨੇ JEE Advanced ਪਾਸ ਕੀਤਾ। ਇਸੇ ਤਰ੍ਹਾਂ NEET ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ 2024 ਦੇ 437 ਤੋਂ ਵੱਧ ਕੇ 2026 ਵਿੱਚ 882 ਹੋ ਗਈ, ਜਿਸ ਨੂੰ ਉਨ੍ਹਾਂ ਨੇ ਵੱਡੀ ਉਪਲਬਧੀ ਦੱਸਿਆ। ਹਰਜੋਤ ਬੈਂਸ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਪ੍ਰੀਖਿਆਵਾਂ ਨੂੰ ਹੋਰ ਸੁਰੱਖਿਅਤ ਅਤੇ ਪਾਰਦਰਸ਼ੀ ਬਣਾਉਣ ਲਈ ਬਲਾਕਚੇਨ ਤਕਨਾਲੋਜੀ ਦੀ ਵਰਤੋਂ ਕਰਨ ਦੀ ਸੰਭਾਵਨਾ ‘ਤੇ ਵੀ ਕੰਮ ਕੀਤਾ ਜਾ ਰਿਹਾ ਹੈ। ਫਿਲਹਾਲ, ਨਕਲ ਗਿਰੋਹ ਨਾਲ ਜੁੜੇ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਇਸ ਪੂਰੇ ਨੈੱਟਵਰਕ ਦੀਆਂ ਹੋਰ ਕੜੀਆਂ ਖੰਗਾਲ ਰਹੀ ਹੈ।


